Guru Granth Sahib Logo
  
ਗੁਰੂ ਨਾਨਕ ਸਾਹਿਬ ਦੁਆਰਾ ਉਚਾਰਣ ਕੀਤੀ ਇਸ ਪੱਟੀ ਬਾਣੀ ਵਿਚ ਦੋ-ਦੋ ਤੁਕਾਂ ਦੇ ਪੈਂਤੀ ਪਦੇ ਹਨ। ਇਹ ਬਾਣੀ ਉਸ ਸਮੇਂ ਪ੍ਰਚਲਤ ਵਰਣਮਾਲਾ ਦੇ ਪੈਂਤੀ ਅੱਖਰਾਂ ’ਤੇ ਅਧਾਰਤ ਹੈ। ਇਸ ਵਿਚ ਗੁਰੂ ਸਾਹਿਬ ਦੁਆਰਾ ਅੱਖਰਾਂ ਦਾ ਇਕ ਮੁੱਲ-ਪ੍ਰਬੰਧ ਸਿਰਜਿਆ ਗਿਆ ਹੈ। ਗੁਰੂ ਸਾਹਿਬ ਆਪਣੇ ਮਨ ਨੂੰ ਕੀਤੇ ਸੰਬੋਧਨ ਰਾਹੀਂ ਸੋਝੀ ਬਖਸ਼ਦੇ ਹਨ ਕਿ ਹੇ ਮੂਰਖ ਮਨ! ਤੂੰ ਕਿਉਂ ਭੁੱਲਿਆ ਫਿਰਦਾ ਹੈਂ? ਅਸਲ ਵਿਚ ਤੂੰ ਉਦੋਂ ਹੀ ਪੜ੍ਹਿਆ-ਲਿਖਿਆ ਮੰਨਿਆ ਜਾਵੇਂਗਾ, ਜਦੋਂ ਪ੍ਰਭੂ ਦੇ ਦਰਬਾਰ ਵਿਚ ਆਪਣੇ ਕਰਮਾਂ ਦਾ ਲੇਖਾ ਨਿਬੇੜ ਕੇ ਸੁਰਖਰੂ ਹੋਵੇਂਗਾ। ਅੱਖਰ-ਗਿਆਨ ਦੇ ਰਹੱਸ ਨੂੰ ਸਮਝਾਉਂਦਿਆਂ ਗੁਰੂ ਸਾਹਿਬ ਅੱਗੇ ਉਪਦੇਸ਼ ਕਰਦੇ ਹਨ ਕਿ ਪ੍ਰਭੂ ਅਨੰਤ ਹੈ, ਉਸ ਦਾ ਅੰਤ ਨਹੀਂ ਪਾਇਆ ਜਾ ਸਕਦਾ। ਪ੍ਰਭੂ ਹੀ ਸਾਰੀ ਸ੍ਰਿਸ਼ਟੀ ਦਾ ਸਿਰਜਣਹਾਰ ਹੈ। ਸਾਰੇ ਮਨੁਖ ਉਸ ਦੇ ਹੁਕਮ ਵਿਚ ਬੱਝੇ ਹੋਏ ਹਨ। ਪ੍ਰਭੂ ਤੋਂ ਬਿਨਾਂ ਉਨ੍ਹਾਂ ਉੱਤੇ ਕਿਸੇ ਹੋਰ ਦਾ ਹੁਕਮ ਨਹੀਂ ਚੱਲ ਸਕਦਾ। ਪ੍ਰਭੂ ਸਾਰਿਆਂ ਵਿਚ ਵਿਆਪਕ ਹੋ ਕੇ ਆਪ ਹੀ ਸਭ ਕੁਝ ਕਰਦਾ ਹੈ ਅਤੇ ਆਪ ਹੀ ਜੀਵਾਂ ਕੋਲੋਂ ਸਭ ਕੁਝ ਕਰਾਉਂਦਾ ਹੈ। ਪ੍ਰਭੂ ਤੋਂ ਬੇਮੁਖ ਹੋਇਆ ਹੰਕਾਰੀ ਮਨੁਖ ਸੰਸਾਰਕ ਪਦਾਰਥਾਂ ਵਿਚ ਖਚਿਤ ਹੋ ਕੇ ਦੁਖੀ ਹੁੰਦਾ ਰਹਿੰਦਾ ਹੈ। ਜੇਕਰ ਮਨੁਖ ਗੁਰ-ਸ਼ਬਦ ਰਾਹੀਂ ਸਦੀਵੀ ਪ੍ਰਭੂ ਨੂੰ ਪਛਾਣ ਲਵੇ ਤਾਂ ਉਹ ਫਿਰ ਦੁਬਾਰਾ ਜਨਮ-ਮਰਨ ਦੇ ਗੇੜ ਵਿਚ ਨਹੀਂ ਭਟਕਦਾ। ਜਿਹੜਾ ਮਨੁਖ ਇਨ੍ਹਾਂ ਪੈਂਤੀ ਅੱਖਰਾਂ ਰਾਹੀਂ ਦੱਸੇ ਰਹੱਸ ਨੂੰ ਜਾਣ ਲੈਂਦਾ ਹੈ, ਉਹ ਪ੍ਰਭੂ ਨਾਲ ਇਕਮਿਕਤਾ ਹਾਸਲ ਕਰ ਲੈਂਦਾ ਹੈ।
ਟਟੈ  ਟੰਚੁ ਕਰਹੁ ਕਿਆ ਪ੍ਰਾਣੀ   ਘੜੀ ਕਿ ਮੁਹਤਿ ਕਿ ਉਠਿ ਚਲਣਾ ॥ 
ਜੂਐ ਜਨਮੁ ਹਾਰਹੁ ਅਪਣਾ   ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥ 
-ਗੁਰੂ ਗ੍ਰੰਥ ਸਾਹਿਬ ੪੩੩

ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਟੱਟੇ ਅੱਖਰ ਨੂੰ ਅੱਜਕੱਲ੍ਹ ਟੈਂਕਾ ਬੋਲਿਆ ਜਾਂਦਾ ਹੈ। ਪਰ ਇਸ ਦੀ ਧੁਨੀ ਉਹੀ (ਟੱਟਾ ਹੀ) ਹੈ। ਇਸ ਪਦੇ ਵਿਚ ਟੱਟੇ ਅੱਖਰ ਨੂੰ ਟੰਚ ਨਾਲ ਜੋੜਿਆ ਗਿਆ ਹੈ ਜਿਸ ਦਾ ਅਰਥ ਕਠੋਰਤਾ ਹੈ। ਇਥੇ ਗੁਰੂ ਸਾਹਿਬ ਮਨੁਖ ਨੂੰ ਸਮਝਾਉਂਦੇ ਹਨ ਕਿ ਉਹ ਏਨਾ ਕਠੋਰ ਚਿਤ ਅਤੇ ਬੇਰਹਿਮ ਨਾ ਬਣੇ। ਰਹਿਮ ਦਿਲ ਹੋਣਾ ਅਤੇ ਦੂਜਿਆਂ ਦੀ ਮਦਦ ਕਰਨਾ ਇਨਸਾਨੀਅਤ ਦੀ ਨਿਸ਼ਾਨੀ ਹੈ। ਕਿਉਂਕਿ ਕਿਸੇ ਨੇ ਵੀ ਇਸ ਸੰਸਾਰ ’ਤੇ ਹਮੇਸ਼ਾ ਲਈ ਨਹੀਂ ਰਹਿਣਾ। ਇਹ ਸੰਸਾਰ ਚਲੋ-ਚਲੀ ਦਾ ਮੇਲਾ ਹੈ। ਸਭ ਨੇ ਆਪੋ-ਆਪਣੀ ਵਾਰੀ ਆਉਣ ’ਤੇ ਇਥੋਂ ਚਲੇ ਜਾਣਾ ਹੈ।

ਇਸ ਲਈ ਮਨੁਖ ਨੂੰ ਆਪਣਾ ਅਨਮੋਲ ਜੀਵਨ ਦੁਨਿਆਵੀ ਮੋਹ-ਮਾਇਆ ਵਿਚ ਪੈ ਕੇ ਕਿਸੇ ਜੁਆਰੀ ਦੇ ਜੂਆ ਹਾਰਨ ਵਾਂਗ ਵਿਅਰਥ ਨਹੀਂ ਗਵਾਉਣਾ ਚਾਹੀਦਾ। ਜਿੰਨੀ ਛੇਤੀ ਹੋ ਸਕੇ ਉਸ ਨੂੰ ਪ੍ਰਭੂ ਦੀ ਭਗਤੀ ਕਰ ਕੇ ਉਸ ਦੀ ਸ਼ਰਣ ਵਿਚ ਚਲੇ ਜਾਣਾ ਚਾਹੀਦਾ ਹੈ।

Tags