ਗੁਰੂ ਨਾਨਕ ਸਾਹਿਬ ਦੁਆਰਾ ਉਚਾਰਣ ਕੀਤੀ ਇਸ ਪੱਟੀ ਬਾਣੀ ਵਿਚ ਦੋ-ਦੋ ਤੁਕਾਂ ਦੇ ਪੈਂਤੀ ਪਦੇ ਹਨ। ਇਹ ਬਾਣੀ ਉਸ ਸਮੇਂ ਪ੍ਰਚਲਤ ਵਰਣਮਾਲਾ ਦੇ ਪੈਂਤੀ ਅੱਖਰਾਂ ’ਤੇ ਅਧਾਰਤ ਹੈ। ਇਸ ਵਿਚ ਗੁਰੂ ਸਾਹਿਬ ਦੁਆਰਾ ਅੱਖਰਾਂ ਦਾ ਇਕ ਮੁੱਲ-ਪ੍ਰਬੰਧ ਸਿਰਜਿਆ ਗਿਆ ਹੈ। ਗੁਰੂ ਸਾਹਿਬ ਆਪਣੇ ਮਨ ਨੂੰ ਕੀਤੇ ਸੰਬੋਧਨ ਰਾਹੀਂ ਸੋਝੀ ਬਖਸ਼ਦੇ ਹਨ ਕਿ ਹੇ ਮੂਰਖ ਮਨ! ਤੂੰ ਕਿਉਂ ਭੁੱਲਿਆ ਫਿਰਦਾ ਹੈਂ? ਅਸਲ ਵਿਚ ਤੂੰ ਉਦੋਂ ਹੀ ਪੜ੍ਹਿਆ-ਲਿਖਿਆ ਮੰਨਿਆ ਜਾਵੇਂਗਾ, ਜਦੋਂ ਪ੍ਰਭੂ ਦੇ ਦਰਬਾਰ ਵਿਚ ਆਪਣੇ ਕਰਮਾਂ ਦਾ ਲੇਖਾ ਨਿਬੇੜ ਕੇ ਸੁਰਖਰੂ ਹੋਵੇਂਗਾ। ਅੱਖਰ-ਗਿਆਨ ਦੇ ਰਹੱਸ ਨੂੰ ਸਮਝਾਉਂਦਿਆਂ ਗੁਰੂ ਸਾਹਿਬ ਅੱਗੇ ਉਪਦੇਸ਼ ਕਰਦੇ ਹਨ ਕਿ ਪ੍ਰਭੂ ਅਨੰਤ ਹੈ, ਉਸ ਦਾ ਅੰਤ ਨਹੀਂ ਪਾਇਆ ਜਾ ਸਕਦਾ। ਪ੍ਰਭੂ ਹੀ ਸਾਰੀ ਸ੍ਰਿਸ਼ਟੀ ਦਾ ਸਿਰਜਣਹਾਰ ਹੈ। ਸਾਰੇ ਮਨੁਖ ਉਸ ਦੇ ਹੁਕਮ ਵਿਚ ਬੱਝੇ ਹੋਏ ਹਨ। ਪ੍ਰਭੂ ਤੋਂ ਬਿਨਾਂ ਉਨ੍ਹਾਂ ਉੱਤੇ ਕਿਸੇ ਹੋਰ ਦਾ ਹੁਕਮ ਨਹੀਂ ਚੱਲ ਸਕਦਾ। ਪ੍ਰਭੂ ਸਾਰਿਆਂ ਵਿਚ ਵਿਆਪਕ ਹੋ ਕੇ ਆਪ ਹੀ ਸਭ ਕੁਝ ਕਰਦਾ ਹੈ ਅਤੇ ਆਪ ਹੀ ਜੀਵਾਂ ਕੋਲੋਂ ਸਭ ਕੁਝ ਕਰਾਉਂਦਾ ਹੈ। ਪ੍ਰਭੂ ਤੋਂ ਬੇਮੁਖ ਹੋਇਆ ਹੰਕਾਰੀ ਮਨੁਖ ਸੰਸਾਰਕ ਪਦਾਰਥਾਂ ਵਿਚ ਖਚਿਤ ਹੋ ਕੇ ਦੁਖੀ ਹੁੰਦਾ ਰਹਿੰਦਾ ਹੈ। ਜੇਕਰ ਮਨੁਖ ਗੁਰ-ਸ਼ਬਦ ਰਾਹੀਂ ਸਦੀਵੀ ਪ੍ਰਭੂ ਨੂੰ ਪਛਾਣ ਲਵੇ ਤਾਂ ਉਹ ਫਿਰ ਦੁਬਾਰਾ ਜਨਮ-ਮਰਨ ਦੇ ਗੇੜ ਵਿਚ ਨਹੀਂ ਭਟਕਦਾ। ਜਿਹੜਾ ਮਨੁਖ ਇਨ੍ਹਾਂ ਪੈਂਤੀ ਅੱਖਰਾਂ ਰਾਹੀਂ ਦੱਸੇ ਰਹੱਸ ਨੂੰ ਜਾਣ ਲੈਂਦਾ ਹੈ, ਉਹ ਪ੍ਰਭੂ ਨਾਲ ਇਕਮਿਕਤਾ ਹਾਸਲ ਕਰ ਲੈਂਦਾ ਹੈ।
ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥
ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥
-ਗੁਰੂ ਗ੍ਰੰਥ ਸਾਹਿਬ ੪੩੩
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਇਸ ਪਦੇ ਵਿਚ ਤੱਤੇ ਅੱਖਰ ਦਾ ਸੰਬੰਧ ਤਾਰੂ ਸ਼ਬਦ ਨਾਲ ਜੋੜਦਿਆਂ ਬਾਣੀ ਦੇ ਵਿਚਾਰ-ਪ੍ਰਵਾਹ ਨੂੰ ਅੱਗੇ ਤੋਰਿਆ ਗਿਆ ਹੈ। ਜਿਸ ਪਾਣੀ ਨੂੰ ਤਰ ਕੇ ਹੀ ਪਾਰ ਕੀਤਾ ਜਾ ਸਕੇ, ਉਸ ਪਾਣੀ ਨੂੰ ਬਹੁਲਤਾ ਤੇ ਡੂੰਘਾਈ ਦੇ ਭਾਵ ਵਿਚ ਤਾਰੂ ਪਾਣੀ ਕਹਿੰਦੇ ਹਨ। ਤਾਰੂ ਦੇ ਇਸ ਅਰਥ ਵਿਚ ਦੱਸਿਆ ਗਿਆ ਹੈ ਕਿ ਸੰਸਾਰ ਬੇਹਿਸਾਬ ਡਰਾਉਣੇ ਪਾਣੀ ਜਿਹਾ ਹੈ। ਸਮੁੰਦਰ ਵਾਂਗ ਗਹਿਰਾ ਹੈ। ਵਿਕਾਰਾਂ ਨਾਲ ਭਰਿਆ ਹੋਇਆ ਹੈ। ਇਸ ਦਾ ਕੋਈ ਅੰਦਾਜਾ ਹੀ ਨਹੀਂ ਲਗਾਇਆ ਜਾ ਸਕਦਾ ਤੇ ਨਾ ਹੀ ਇਸ ਦਾ ਅੰਤ ਪਾਇਆ ਜਾ ਸਕਦਾ ਹੈ।
ਫਿਰ ਦੱਸਿਆ ਗਿਆ ਹੈ ਕਿ ਇਸ ਨੂੰ ਪਾਰ ਕਾਰਨ ਲਈ ਨਾ ਕੋਈ ਬੇੜੀ ਹੈ ਤੇ ਨਾ ਹੀ ਕੋਈ ਤੁਲਹਾ ਜਾਂ ਪੁਲ ਆਦਿ ਹੈ, ਜਿਸ ਨਾਲ ਇਸ ਸੰਸਾਰ-ਸਮੁੰਦਰ ਤੋਂ ਪਾਰ ਹੋਇਆ ਜਾ ਸਕੇ। ਇਸ ਵਿਚ ਅਸੀਂ ਜੀਵ ਡੁੱਬ ਰਹੇ ਹਾਂ। ਪ੍ਰਭੂ ਹੀ ਇਸ ਭਵਜਲ ਵਿਚੋਂ ਪਾਰ ਲੰਘਾ ਸਕਦਾ ਹੈ। ਇਸ ਕਰਕੇ ਉਸ ਨੂੰ ਹੀ ਅਰਦਾਸ ਕੀਤੀ ਗਈ ਹੈ ਕਿ ਉਹ ਡੁੱਬਣ ਵਾਲਿਆਂ ਨੂੰ ਪਾਰ ਲੰਘਾ ਲਵੇ।